ਆਪ ਆਗੂ ਗੁਰਪ੍ਰੀਤ ਧਮੋਲੀ ਦੀ ਮਨੀਸ਼ ਸਿਸੋਦੀਆ ਨਾਲ ਅਹਿਮ ਮੁਲਾਕਾਤ, ਸੰਗਠਨ ਮਜ਼ਬੂਤ ਕਰਨ ਅਤੇ ਲੋਕ ਭਲਾਈ ਸਕੀਮਾਂ 'ਤੇ ਚਰਚਾ

ਰਾਜਪੁਰਾ, 3 ਅਗਸਤ: (ਰਾਜੇਸ਼ ਡਾਹਰਾ ) ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਗੁਰਪ੍ਰੀਤ ਧਮੋਲੀ ਨੇ 'ਆਪ' ਦੇ ਕੱਦਾਵਰ ਨੇਤਾ ਮਨੀਸ਼ ਸਿਸੋਦੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਪੰਜਾਬ ਵਿੱਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਅਤੇ ਆਗਾਮੀ ਵਿਧਾਨ ਸਭਾ ਚੋਣਾਂ 2027 ਲਈ ਰਣਨੀਤੀ ਤਿਆਰ ਕਰਨਾ ਸੀ।

ਮੀਟਿੰਗ ਦੌਰਾਨ ਮਨੀਸ਼ ਸਿਸੋਦੀਆ ਨੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਵਿਸ਼ੇਸ਼ ਹਦਾਇਤਾਂ ਦਿੱਤੀਆਂ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਿੱਖਿਆ, ਸਿਹਤ ਅਤੇ ਹੋਰ ਆਰਥਿਕ ਖੇਤਰਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਯੋਜਨਾਵਾਂ ਨੂੰ ਹਰ ਨਾਗਰਿਕ ਤੱਕ ਪਹੁੰਚਾਇਆ ਜਾਵੇ।

ਇਸ ਮੌਕੇ 'ਤੇ ਗੁਰਪ੍ਰੀਤ ਧਮੋਲੀ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਪ੍ਰਦੇਸ਼ ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਨਵਾਂ ਸੰਗਠਨਾਤਮਕ ਢਾਂਚਾ ਤਿਆਰ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਨਵੇਂ ਢਾਂਚੇ ਤਹਿਤ ਹਰ ਨਿਯੁਕਤ ਅਹੁਦੇਦਾਰ ਨੂੰ ਉਸਦੀਆਂ ਜ਼ਿੰਮੇਵਾਰੀਆਂ ਸਪਸ਼ਟ ਰੂਪ ਵਿੱਚ ਸੌਂਪੀਆਂ ਜਾਣਗੀਆਂ।

ਧਮੋਲੀ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਅਤੇ ਮੁਸ਼ਕਿਲਾਂ ਨੂੰ ਮੁੱਖ ਰੱਖਦੇ ਹੋਏ, ਪੰਜਾਬ ਸਰਕਾਰ ਹਰ ਮਹੀਨੇ ਨਵੇਂ ਫੈਸਲੇ ਲੈ ਰਹੀ ਹੈ। ਇਨ੍ਹਾਂ ਫੈਸਲਿਆਂ ਦਾ ਮਕਸਦ ਪੰਜਾਬ ਵਿੱਚ ਫੈਲੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਜਾਲ ਨੂੰ ਜੜ੍ਹੋਂ ਖਤਮ ਕਰਨਾ ਹੈ। ਉਨ੍ਹਾਂ ਇਸ ਨੇਕ ਕਾਰਜ ਵਿੱਚ ਪੰਜਾਬ ਦੇ ਹਰ ਨਾਗਰਿਕ ਦੇ ਸਹਿਯੋਗ ਦੀ ਲੋੜ 'ਤੇ ਵੀ ਜ਼ੋਰ ਦਿੱਤਾ।

ਇਹ ਮੀਟਿੰਗ ਪੰਜਾਬ ਵਿੱਚ 'ਆਪ' ਦੀਆਂ ਭਵਿੱਖੀ ਰਣਨੀਤੀਆਂ ਅਤੇ ਸੰਗਠਨਾਤਮਕ ਮਜ਼ਬੂਤੀ ਲਈ ਬੇਹੱਦ ਮਹੱਤਵਪੂਰਨ ਮੰਨੀ ਜਾ ਰਹੀ ਹੈ।


Posted By: RAJESH DEHRA